ਪ੍ਰਕਾਸ਼ ਪੁਰਬ ‘ਤੇ ਸ਼੍ਰੀ ਹਰਿਮੰਦਰ ਸਾਹਿਬ ‘ਚ ਹੋਈ ਫੁੱਲਾਂ ਦੀ ਅਲੌਕਿਕ ਸਜਾਵਟ

ਕੱਲ੍ਹ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਵ ਹੈ। ਜਿਸ ਕਾਰਨ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਆ ਕੇ ਇਨ੍ਹਾਂ ਫੁੱਲਾਂ ਨੂੰ ਹਰਿਮੰਦਰ ਸਾਹਿਬ ‘ਚ ਲਗਾਉਣ ਦੀ ਸੇਵਾ ਨਿਭਾਅ ਰਹੀਆਂ ਹਨ। ਦੱਸ ਦਈਏ ਕਿ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਵ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ, ਜਿਸ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਇਆ ਜਾ ਰਿਹਾ ਹੈ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ ,ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅੰਮ੍ਰਿਤਸਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਨਿਭਾਈ।

ਨਗਰ ਕੀਰਤਨ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਗਿਆਨੀ ਹਰਨਾਮ ਸਿੰਘ ਖ਼ਾਲਸਾ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਸ਼ਾਮਲ ਹੋਏ, ਉਥੇ ਹੀ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਵੱਖ-ਵੱਖ ਧਾਰਮਿਕ ਜੱਥੇਬੰਦੀਆਂ, ਮੈਂਬਰਾਂ ਅਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ।

ਇਸ ਦੌਰਾਨ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੇ ਸੰਗਤਾਂ ਲਈ ਵੱਖ-ਵੱਖ ਪ੍ਰਬੰਧਾਂ ਦੀ ਸੇਵਾ ਨਿਭਾਈ, ਉਥੇ ਹੀ ਗੱਤਕਾ ਅਖਾੜਿਆਂ, ਸਕੂਲਾਂ ਦੇ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਵੱਲੋਂ ਉਤਸ਼ਾਹ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਪਹਿਲੀ ਵਾਰ ਹੈ ਕਿ ਨਗਰ ਕੀਰਤਨ ਸ਼ਹਿਰ ਦੇ ਅੰਦਰੂਨ ਹਿੱਸਿਆਂ ਦੀ ਥਾਂ ਪੁਰਾਤਨ ਸ਼ਹਿਰ ਦੇ 12 ਇਤਿਹਾਸਕ ਦਰਵਾਜ਼ਿਆਂ ਦੁਆਲੇ ਰਿੰਗ ਰੋਡ ’ਤੇ ਸਜਾਇਆ ਗਿਆ। ਦੋਹੀਂ ਪਾਸੀਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਇਸ 10 ਕਿਲੋਮੀਟਰ ਦੇ ਕਰੀਬ ਰਸਤੇ ’ਤੇ ਸਕੂਲੀ ਵਿਦਿਆਰਥੀ ਅਤੇ ਸੰਗਤਾਂ ਕਰ ਰਹੀਆਂ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਵਾਰ ਨਗਰ ਕੀਰਤਨ ਵਿਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜੇ ਗਏ ਸਨ, ਜਿਸ ਨੂੰ ਪ੍ਰਵਾਨ ਕਰਦਿਆਂ ਅਮਰੀਕਾ, ਦੁਬਈ, ਅਫਗਾਨਿਸਾਨ, ਜੰਮੂ ਕਸ਼ਮੀਰ, ਮੁੰਬਈ, ਦਿੱਲੀ ਆਦਿ ਦੀ ਸੰਗਤ ਨੇ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਵਿਚ ਹਾਜ਼ਰੀ ਭਰੀ। ਅਮਰੀਕਾ ਤੋਂ ਕੁਲਬੀਰ ਸਿੰਘ ਦੀ ਅਗਵਾਈ ਵਿਚ ਸਿੱਖ ਧਰਮਾ ਇੰਟਰਨੈਸ਼ਨਲ ਦੇ 150 ਮੈਂਬਰੀ ਜਥੇ ਨੇ ਖ਼ਾਲਸਾਈ ਬਾਣੇ ਵਿਚ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਤੋਂ ਇਲਾਵਾ ਦੁਬਈ ਅਤੇ ਅਫਗਾਨਿਸਤਾਨ (ਕਾਬਲ ਤੇ ਖੋਸਤ) ਦੀ ਸੰਗਤ ਵੀ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਵਿਚ ਪਹੁੰਚੀ। ਇਸ ਦੇ ਨਾਲ ਹੀ ਨਗਰ ਕੀਰਤਨ ਵਿਚ ਇਸ ਵਾਰ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਅੰਮ੍ਰਿਤਸਰ ਦੀ ਸਥਾਪਨਾ ਸਮੇਂ ਇਥੇ ਵਸਾਏ 52 ਕਿੱਤਾਕਾਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ, ਦੁਬਈ, ਅਫਗਾਨਿਸਤਾਨ ਅਤੇ 52 ਕਿੱਤਾਕਾਰਾਂ ਨੂੰ ਵਿਸ਼ੇਸ਼ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਸਨ।

Share this...
Share on Facebook
Facebook
error: Content is protected !!