ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਇਸ ਕਿਲੇ ਵਿਚੋਂ ਰਿਹਾਅ ਕਰਾਏ ਸਨ 52 ਰਾਜੇ

ਇਸ ਤਿਉਹਾਰ ਦਾ ਮੁੱਖ ਰੂਪ ਵਿਚ ਸਿੱਖ ਇਤਿਹਾਸ ਨਾਲ ਸੰਬੰਧ ਉਸ ਸਮੇਂ ਤੋਂ ਜੁੜਿਆ ਹੋਇਐ, ਜਦੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਮੀਰੀ-ਪੀਰੀ ਦੇ ਮਾਲਕ 6ਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚੇ। ਛੇਵੇਂ ਸਤਿਗੁਰਾਂ ਨੂੰ ਜਿਨ੍ਹਾਂ ਕਾਰਨਾਂ ਕਰਕੇ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕੀਤਾ ਤੇ ਫਿਰ ਰਿਹਾਅ ਕਰ ਦਿੱਤਾ ਗਿਆ, ਦੀ ਜਾਣਕਾਰੀ ਬਿਨਾਂ ਬੰਦੀ-ਛੋੜ ਦਿਵਸ ਦੀ ਅਹਿਮੀਅਤ ਨੂੰ ਸਮਝਣਾ ਔਖਾ ਹੈ। ਸਿੱਖ ਇਤਿਹਾਸ ਵਿਚ ਬਾਣੀ ਦੇ ਬੋਹਿਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਰਜਣਹਾਰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਤੇ ਸ਼ਾਂਤਮਈ ਸ਼ਹਾਦਤ ਨੇ ਇਕ ਕ੍ਰਾਂਤੀਕਾਰੀ ਮੋੜ ਲੈ ਆਂਦਾ।

ਸਤਿਗੁਰਾਂ ਦੀ ਅਦੁੱਤੀ ਸ਼ਹਾਦਤ ਤੋਂ ਬਾਅਦ ਇਹ ਗੱਲ ਸਪਸ਼ਟ ਹੋ ਗਈ ਸੀ ਕਿ ਜ਼ਾਲਮਾਂ ਦੇ ਜ਼ੁਲਮ ਨੂੰ ਠੱਲ ਪਾਉਣ ਲਈ ਹਥਿਆਰ ਚੁੱਕਣੇ ਹੀ ਪੈਣਗੇ। ਇਸ ਲਈ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਗੁਰ-ਗੱਦੀ ਦੀ ਪਰੰਪਰਾਗਤ ਰਸਮ ਨੂੰ ਸਮੇਂ ਦੀ ਲੋੜ ਅਨੁਸਾਰ ਬਦਲਦਿਆਂ ਗੁਰਿਆਈ ਧਾਰਨ ਕਰਦੇ ਸਮੇਂ ਮੀਰੀ ਤੇ ਪੀਰੀ ਦੀਆਂ ਦੋ ਤਲਵਾਰਾਂ ਪਹਿਨੀਆਂ। ਗੁਰੂ ਸਾਹਿਬ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ, ਜਿਥੇ ਦੀਵਾਨ ਸਜਦੇ ਅਤੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਬੀਰ-ਰਸੀ ਵਾਰਾਂ ਵੀ ਗਾਈਆਂ ਜਾਣ ਲੱਗੀਆਂ। ਗੁਰੂ ਸਾਹਿਬ ਨੇ ਸਿੱਖ ਸੰਗਤਾਂ ਨੂੰ ਦਰਸ਼ਨਾਂ ਲਈ ਆਉਂਦੇ ਸਮੇਂ ਚੰਗੀ ਨਸਲ ਦੇ ਘੋੜੇ ਅਤੇ ਸ਼ਸਤਰ ਲਿਆਉਣ ਦੇ ਆਦੇਸ਼ ਜਾਰੀ ਕੀਤੇ ਅਤੇ ਅਣਖੀਲੇ ਗੱਭਰੂਆਂ ਦੀ ਫੌਜ ਤਿਆਰ ਕਰਕੇ ਉਨ੍ਹਾਂ ਨੂੰ ਜੰਗੀ ਟ੍ਰੇਨਿੰਗ ਦਿੱਤੀ ਜਾਣ ਲੱਗੀ। ਗੁਰੂ-ਘਰ ਦੇ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਬਾਦਸ਼ਾਹ ਜਹਾਂਗੀਰ ਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਫ਼ਲਸਰੂਪ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ਬਗਾਵਤ ਦੇ ਝੂਠੇ ਦੋਸ਼ ਵਿਚ ਗਵਾਲੀਅਰ ਦੇ ਕਿਲ੍ਹੇ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਗੁਰੂ ਸਾਹਿਬ ਦੀ ਨਜ਼ਰਬੰਦੀ ਕੋਈ ਸਾਧਾਰਨ ਗੱਲ ਨਹੀਂ ਸੀ। ਸਿੱਖ ਸੰਗਤਾਂ ਲਈ ਇਹ ਖਬਰ ਬੜੀ ਹਿਰਦੇ ਵੇਦਕ ਸੀ। ਪਰ ਗੁਰੂ ਸਾਹਿਬ ਦੇ ਪਹੁੰਚਣ ਨਾਲ ਗਵਾਲੀਅਰ ਦੇ ਕਿਲ੍ਹੇ ਦਾ ਮਾਹੌਲ ਹੀ ਬਦਲ ਗਿਆ ਜਿਥੇ ਦੋਵੇਂ ਵੇਲੇ ਕੀਰਤਨ ਅਤੇ ਸਤਿਸੰਗ ਹੋਣ ਲੱਗਾ ਅਤੇ ਕਾਲ-ਕੋਠੜੀਆਂ ਵਿਚੋਂ ਪ੍ਰਭੂ-ਸਿਮਰਨ ਦੀਆਂ ਮਿੱਠੀਆਂ ਧੁਨਾਂ ਉੱਠਣ ਲੱਗੀਆਂ। ਗੁਰੂ ਸਾਹਿਬ ਦੀ ਸੰਗਤ ਅਤੇ ਉਪਦੇਸ਼ਾਂ ਨੇ ਸਭ ਬੰਦੀਆਂ ਨੂੰ ਚੜ੍ਹਦੀ ਕਲਾ ਵਿਚ ਲੈ ਆਂਦਾ। ਓਧਰ ਗੁਰੂ ਸਾਹਿਬ ਦੀ ਨਜ਼ਰਬੰਦੀ ਲੰਬੀ ਹੋ ਜਾਣ ਕਾਰਨ ਸਿੱਖਾਂ ਵਿਚ ਬੇਚੈਨੀ ਵਧਣ ਲੱਗੀ। ਬਾਬਾ ਬੁੱਢਾ ਜੀ ਦੀ ਅਗਵਾਈ ‘ਚ ਸਿੱਖ ਸੰਗਤਾਂ ਦਾ ਇਕ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਗਵਾਲੀਅਰ ਲਈ ਰਵਾਨਾ ਹੋਇਆ। ਜਿਥੋਂ-ਜਿਥੋਂ ਇਹ ਜਥਾ ਕੀਰਤਨ ਕਰਦਾ ਹੋਇਆ ਗੁਜ਼ਰਦਾ, ਸਿੱਖ ਸੰਗਤਾਂ ਇਸ ਦਾ ਭਾਰੀ ਸਵਾਗਤ ਕਰਦੀਆਂ।

ਜਦੋਂ ਇਹ ਜਥਾ ਗਵਾਲੀਅਰ ਦੇ ਕਿਲ੍ਹੇ ਪਹੁੰਚਿਆ ਤਾਂ ਸੰਗਤਾਂ ਨੂੰ ਗੁਰੂ ਸਾਹਿਬ ਨਾਲ ਮੁਲਾਕਾਤ ਜਾਂ ਦਰਸ਼ਨ ਕਰਨ ਦੀ ਇਜ਼ਾਜ਼ਤ ਨਾ ਮਿਲ ਸਕੀ। ਪਰ ਇਹ ਜਥਾ ਕੀਰਤਨ ਕਰਦਿਆਂ, ਗਵਾਲੀਅਰ ਦੇ ਕਿਲ੍ਹੇ ਦੀਆਂ ਪ੍ਰਕਰਮਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਂਟ ਕਰ ਵਾਪਸ ਮੁੜ ਆਇਆ। ਮੁਸਲਿਮ ਸੂਫੀ ਸੰਤ ਸਾਈਂ ਮੀਆਂ ਮੀਰ ਜੀ ਵੱਲੋਂ ਬਾਦਸ਼ਾਹ ਜਹਾਂਗੀਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਬੰਧੀ ਜਾਣਕਾਰੀ ਦਿੱਤੇ ਜਾਣ ‘ਤੇ ਉਸ ਨੇ ਗੁਰੂ ਸਾਹਿਬ ਨੂੰ ਰਿਹਾਅ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ। ਪ੍ਰੰਤੂ ਗੁਰੂ ਹਰਿਗੋਬਿੰਦ ਸਾਹਿਬ ਨੇ ਇਕੱਲਿਆਂ ਕਿਲ੍ਹੇ ਵਿਚੋਂ ਰਿਹਾਅ ਹੋਣਾ ਸਵੀਕਾਰ ਨਾ ਕੀਤਾ। ਗੁਰੂ ਸਾਹਿਬ ਦੀ ਰਹਿਮਤ ਸਦਕਾ ਕਿਲ੍ਹੇ ਵਿਚ ਨਜ਼ਰਬੰਦ 52 ਰਾਜਪੂਤ ਰਾਜਿਆਂ ਨੂੰ ਵੀ ਬੰਦੀਖਾਨੇ ਤੋਂ ਮੁਕਤੀ ਮਿਲੀ। ਇਸ ਦਿਨ ਤੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੂੰ ‘ਬੰਦੀ-ਛੋੜ’ ਦਾਤਾ ਦੇ ਨਾਮ ਨਾਲ ਵੀ ਜਾਣਿਆ ਜਾਣ ਲੱਗਾ। ਰਿਹਾਈ ਤੋਂ ਬਾਅਦ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਭਾਰੀ ਗਿਣਤੀ ਵਿਚ ਜਿਸ ਦਿਨ ਸਿੱਖ ਸੰਗਤਾਂ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਪੁੱਜੇ ਤਾਂ ਉਸ ਦਿਨ ਦੀਵਾਲੀ ਦਾ ਦਿਨ ਸੀ। ਸਿੱਖ ਸੰਗਤਾਂ ਨੇ ਗੁਰੂ ਸਾਹਿਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਪੁੱਜਣ ‘ਤੇ ਘਰਾਂ ਵਿਚ ਘਿਓ ਦੇ ਦੀਵੇ ਜਗਾਏ ਅਤੇ ਅਥਾਹ ਖੁਸ਼ੀਆਂ ਮਨਾਈਆਂ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਖੁਸ਼ੀ ਵਿਚ ਦੀਪਮਾਲਾ ਕੀਤੀ ਗਈ। ਇਸ ਦਿਨ ਤੋਂ ਸਿੱਖਾਂ ਵਾਸਤੇ ਦੀਵਾਲੀ ਇਕ ਪਵਿੱਤਰ ਦਿਹਾੜਾ ਬਣ ਗਿਆ ਅਤੇ ਸਿੱਖ ਜਗਤ ਹਰ ਸਾਲ ਸ੍ਰੀ ਅੰਮ੍ਰਿਤਸਰ ਵਿਖੇ ਇਕੱਤਰ ਹੋ ਕੇ ਬੰਦੀ-ਛੋੜ ਦਿਹਾੜਾ ਮਨਾਉਣ ਲੱਗਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤਿ ਸਮਾਉਣ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਉਪਰੰਤ ਬੰਦੀਛੋੜ ਦਿਵਸ (ਦੀਵਾਲੀ) ਅਤੇ ਵਿਸਾਖੀ ਦੇ ਦਿਨ ‘ਸਰਬੱਤ ਖ਼ਾਲਸਾ’ ਅੰਮ੍ਰਿਤਸਰ ਵਿਖੇ ਇਕੱਤਰ ਹੁੰਦਾ, ਇਸ ਸਮੇਂ ਦਰਪੇਸ਼ ਮਸਲਿਆਂ ਸਬੰਧੀ ਪੰਥਕ ਫ਼ੈਸਲੇ ਤੇ ਗੁਰਮਤੇ ਕੀਤੇ ਜਾਂਦੇ। 1733 ਈਸਵੀ ਦੀ ਦੀਵਾਲੀ ਦੇ ਅਵਸਰ ‘ਤੇ ਵੀ ਭਾਈ ਮਨੀ ਸਿੰਘ ਜੀ ਨੇ ਇੰਜ ਹੀ ਇਕੱਤਰ ਹੋਣ ਲਈ ਸੰਗਤਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ਦੇ ਸੱਦੇ ਭੇਜੇ। ਕਿਉਂਕਿ ਉਸ ਸਮੇਂ ਹਕੂਮਤ ਵਲੋਂ ਅਜਿਹੀ ਇਕੱਤਰਤਾ ਕਰਨ ਦੀ ਮਨਾਹੀ ਸੀ, ਇਸ ਲਈ ਭਾਈ ਮਨੀ ਸਿੰਘ ਨੇ ਵਿਸ਼ੇਸ਼ ਟੈਕਸ ਦੇਣਾ ਮੰਨ ਕੇ ਇਕੱਤਰਤਾ ਕਰਨ ਦੀ ਇਜ਼ਾਜ਼ਤ ਲੈ ਲਈ।

ਓਧਰ ਨਵਾਬ ਜ਼ਕਰੀਆਂ ਖਾਨ ਨੇ ਇਸ ਇਕੱਠ ਉੱਤੇ ਹਮਲਾ ਕਰਕੇ ਇਕੱਤਰ ਹੋਏ ਸਿੰਘਾਂ ਨੂੰ ਮਾਰ ਮੁਕਾਣ ਦੀ ਯੋਜਨਾ ਬਣਾ ਲਈ, ਜਿਸ ਦੀ ਸੂਹ ਭਾਈ ਸਾਹਿਬ ਨੂੰ ਵੀ ਮਿਲ ਗਈ ਅਤੇ ਉਨ੍ਹਾਂ ਨੇ ਸਿੱਖਾਂ ਨੂੰ ਅੰਮ੍ਰਿਤਸਰ ਆਉਣ ਤੋਂ ਰੋਕ ਦਿੱਤਾ। ਟੈਕਸ ਨਾ ਭਰਨ ਦਾ ਬਹਾਨਾ ਲਗਾ ਕੇ ਹਕੂਮਤ ਨੇ ਭਾਈ ਮਨੀ ਸਿੰਘ ਨੂੰ ਲਾਹੌਰ ਸੱਦ ਭੇਜਿਆ ਅਤੇ ਟੈਕਸ ਨਾ ਅਦਾ ਕਰਨ ਦੀ ਸੂਰਤ ‘ਚ ਸਿੱਖ ਧਰਮ ਛੱਡ ਕੇ ਇਸਲਾਮ ਧਾਰਨ ਕਰਨ ਜਾਂ ਫਿਰ ਮੌਤ ਲਈ ਤਿਆਰ ਹੋਣ ਦਾ ਫ਼ੁਰਮਾਨ ਸੁਣਾ ਦਿੱਤਾ। ਭਾਈ ਸਾਹਿਬ ਨੇ ਹਕੂਮਤ ਨੂੰ ਆਪਣੇ ਇਕਰਾਰ ਤੋਂ ਫਿਰ ਜਾਣ ਕਾਰਨ ਟੈਕਸ ਭਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ‘ਸਿੱਖ ਲਈ ਧਰਮ ਪਿਆਰਾ ਹੈ, ਜਾਨ ਪਿਆਰੀ ਨਹੀਂ’, ਆਖ ਕੇ ਸ਼ਹਾਦਤ ਦਾ ਜਾਮ ਪੀਣਾ ਮਨਜ਼ੂਰ ਕੀਤਾ। ਕਾਜ਼ੀ ਵਲੋਂ ਦਿੱਤੇ ਫ਼ਤਵੇ ਅਨੁਸਾਰ ਭਾਈ ਮਨੀ ਸਿੰਘ ਨੂੰ ਬੰਦ-ਬੰਦ ਕੱਟ ਕੇ ਸ਼ਹੀਦ ਕਰ ਦਿੱਤਾ ਗਿਆ। ਇਸ ਤਰ੍ਹਾਂ ਸਿੱਖ ਇਤਿਹਾਸ ਦੀਆਂ ਕਈ ਘਟਨਾਵਾਂ ਦੀਵਾਲੀ ਨਾਲ ਜੁੜੀਆਂ ਹੋਈਆਂ ਹਨ ਜਿਨ੍ਹਾਂ ਕਰਕੇ ਇਹ ਦਿਨ ਸਿੱਖ ਕੌਮ ਲਈ ਖ਼ਾਸ ਅਹਿਮੀਅਤ ਰੱਖਦਾ ਹੈ। ਇਸ ਇਤਿਹਾਸਕ ਅਵਸਰ ‘ਤੇ ਮੈਂ ਸਮੂਹ/ਸਿੱਖ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹੋਇਆ ਅਪੀਲ ਕਰਦਾ ਹਾਂ ਕਿ ਅੱਜ ਜਿਥੇ ਸਮੁੱਚੇ ਸਿੱਖ ਜਗਤ ਵਲੋਂ ਘਰਾਂ ‘ਚ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਵੇ ਬਾਲ ਕੇ ਹਨੇਰੇ ਨੂੰ ਦੂਰ ਕੀਤਾ ਜਾ ਰਿਹਾ ਹੈ ਉਥੇ ਲੋੜ ਹੈ ਭਾਈ ਮਨੀ ਸਿੰਘ ਤੇ ਹੋਰ ਸੂਰਬੀਰ ਯੋਧਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦਿਆਂ ਜਾਨ ਤੋਂ ਪਿਆਰੇ ਗੁਰੂ-ਘਰਾਂ ਦੀ ਮਾਣ-ਮਰਿਯਾਦਾ ਤੇ ਸਤਿਕਾਰ ਨੂੰ ਬਹਾਲ ਰੱਖਣ ਦੀ। ਆਓ! ਅੱਜ ਬੰਦੀ ਛੋੜ ਦਿਵਸ (ਦੀਵਾਲੀ) ਦੇ ਇਤਿਹਾਸਕ ਦਿਹਾੜੇ ‘ਤੇ ਪੰਥ ਦੀ ਚੜ੍ਹਦੀ ਕਲਾ, ਆਪਸੀ ਏਕਤਾ ਤੇ ਸਦ-ਭਾਵਨਾ ਕਾਇਮ ਕਰਨ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਗੁਰਮਤਿ ਗਾਡੀ ਰਾਹ ਦੇ ਧਾਰਨੀ ਹੋ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ਿਸ਼ ਖੰਡੇ-ਬਾਟੇ ਦੀ ਪਾਹੁਲ ਛਕ ਸਤਿਗੁਰਾਂ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣੀਏ।

Share this...
Share on Facebook
Facebook
error: Content is protected !!