ਪੁਲਵਾਮਾ ਅਤਿਵਾਦੀ ਹਮਲੇ ਦੇ ਮਾਸਟਰ ਮਾਈਂਡ ਦਾ ਵੀਡੀਓ ਆਇਆ ਸਾਹਮਣੇ

ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਹੋਏ ਆਤਮਘਾਤੀ ਦਹਿਸ਼ਤੀ ਹਮਲੇ ਵਿੱਚ ਜਾਨਾਂ ਗਵਾਉਣ ਵਾਲੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਦੀ ਗਿਣਤੀ 40 ਤੋਂ ਪਾਰ ਹੋ ਗਈ ਹੈ। ਹਾਲੇ ਵੀ ਕਈ ਜਵਾਨਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਜੰਮੂ ਕਸ਼ਮੀਰ ਵਿੱਚ ਪਿਛਲੇ ਕਈ ਸਾਲਾਂ ਦੌਰਾਨ ਇਹ ਸਭ ਤੋਂ ਵੱਡਾ ਅੱਤਵਾਦੀ ਹਮਲਾ ਬਣ ਗਿਆ ਹੈ। ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦਾਂ ਨੇ 200 ਕਿੱਲੋ ਵਿਸਫੋਟਕਾਂ ਨਾਲ ਭਰੀ ਕਾਰ ਨੂੰ ਵੀਰਵਾਰ ਨੂੰ ਬਾਅਦ ਦੁਪਹਿਰ ਸਵਾ ਕੁ ਤਿੰਨ ਵਜੇ ਸੁਰੱਖਿਆ ਜਵਾਨਾਂ ਨਾਲ ਭਰੀ ਬੱਸ ਨਾਲ ਟੱਕਰ ਮਾਰ ਦਿੱਤੀ।

ਸ੍ਰੀਨਗਰ-ਜੰਮੂ ਕੌਮੀ ਮਾਰਗ ’ਤੇ ਕੇਂਦਰੀ ਸੁਰੱਖਿਆ ਬਲਾਂ ਦੇ 2500 ਤੋਂ ਵੱਧ ਜਵਾਨਾਂ ਦੀਆਂ 78 ਗੱਡੀਆਂ ਦਾ ਕਾਫ਼ਲਾ ਆ ਰਿਹਾ ਸੀ। ਕਾਫ਼ਲਾ ਜਦੋਂ ਹੀ ਅਵੰਤੀਪੁਰਾ ਦੇ ਲਾਟੂਮੋੜ ’ਚ ਦਾਖ਼ਲ ਹੋਇਆ ਤਾਂ ਪਹਿਲਾਂ ਤੋਂ ਘਾਤ ਲਾ ਕੇ ਬੈਠੇ ਅੱਤਵਾਦੀ ਨੇ ਇਸ ’ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਗੱਡੀ ਚਲਾਉਣ ਵਾਲੇ ਫਿਦਾਈਨ ਹਮਲਾਵਰ ਦੀ ਪਛਾਣ ਆਦਿਲ ਅਹਿਮਦ ਵਾਸੀ ਕਾਕਾਪੁਰਾ ਵਜੋਂ ਦੱਸੀ ਹੈ ਜੋ ਪਿਛਲੇ ਸਾਲ ਹੀ ਜੈਸ਼-ਏ-ਮੁਹੰਮਦ ਵਿਚ ਭਰਤੀ ਹੋਇਆ ਸੀ।

ਸੀਆਰਪੀਐਫ ਦੀ 76ਵੀਂ ਬਟਾਲੀਅਨ ਦੀ ਹਮਲੇ ਦਾ ਨਿਸ਼ਾਨਾ ਬਣੀ ਬੱਸ ਸੀ ਅਤੇ ਇਸ ਵਿਚ 39 ਸੁਰੱਖਿਆ ਕਰਮੀ ਸਵਾਰ ਸਨ। ਸੀਆਰਪੀਐਫ ਦੇ ਡਾਇਰੈਕਟਰ ਜਨਰਲ ਆਰ ਆਰ ਭਟਨਾਗਰ ਨੇ ਪੀਟੀਆਈ ਨੂੰ ਦੱਸਿਆ ‘‘ ਇਹ ਬਹੁਤ ਵੱਡਾ ਕਾਫ਼ਲਾ ਸੀ ਅਤੇ ਵੱਖ ਵੱਖ ਵਾਹਨਾਂ ਵਿਚ 2500 ਦੇ ਕਰੀਬ ਸੁਰੱਖਿਆ ਕਰਮੀ ਸਫ਼ਰ ਕਰ ਰਹੇ ਸਨ। ਕੁਝ ਗੋਲੀਆਂ ਵੀ ਕਾਫ਼ਲੇ ’ਤੇ ਚਲਾਈਆਂ ਗਈਆਂ।’’ ਅਫ਼ਸਰਾਂ ਨੇ ਦੱਸਿਆ ਕਿ ਕਾਫ਼ਲਾ ਸਵੇਰੇ 3.30 ਵਜੇ ਜੰਮੂ ਤੋਂ ਰਵਾਨਾ ਹੋਇਆ ਸੀ ਅਤੇ ਸੂਰਜ ਛਿਪਣ ਤੋਂ ਪਹਿਲਾਂ ਇਸ ਨੇ ਸ੍ਰੀਨਗਰ ਪਹੁੰਚਣਾ ਸੀ।

Share this...
Share on Facebook
Facebook
error: Content is protected !!