ਪਾਕਿ ਦਾ ਪਾਣੀ ਰੋਕਣ ਬਹਾਨੇ ਕਿਤੇ ਪੰਜਾਬ ਨੂੰ ਰਗੜਾ ਲਾਉਣ ਦੀ ਤਿਆਰੀ ਤਾਂ ਨਹੀਂ?

ਪੰਜਾਬ ਦੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਦੇ ਪਾਣੀ ਨੂੰ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਰੋਕਣ ਲਈ ਯਮੁਨਾ ਨਦੀ ਵਿੱਚ ਮੋੜਨ ਨਾਲ ਪੰਜਾਬ ਨਾਲ ਵੱਡਾ ਧੱਕਾ ਹੋਏਗਾ। ਪੰਜਾਬ ਲਈ ਕੇਂਦਰ ਸਰਕਾਰ ਦੀ ਇਹ ਯੋਜਨਾ ਬੇਹੱਦ ਖ਼ਤਰਨਾਕ ਹੋਏਗੀ। ਇਹ ਦਾਅਵਾ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਜਲ ਸਰੋਤ ਮੰਤਰੀ ਨਿਤਿਨ ਗਡਕਰੀ ਦਾ ਬਿਆਨ ਬਹੁਤ ਖਤਰਨਾਕ ਤੇ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਹੈ।

ਇਹ ਬਹੁਤ ਵੱਡੀ ਸਾਜਿਸ਼ ਪੰਜਾਬ ਦੇ ਪਾਣੀਆਂ ਨੂੰ ਖੋਹਣ ਲਈ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਐਸਵਾਈਐਲ ਨਹਿਰ ਦੀ ਉਸਾਰੀ ਹਰਿਆਣਾ ਨੂੰ ਪੰਜਾਬ ਦੇ ਪਾਣੀ ਸਪਲਾਈ ਕਰਨ ਲਈ ਕੀਤੀ ਜਾ ਰਹੀ ਹੈ। ਹੁਣ ਪਾਕਿਸਤਾਨ ਨੂੰ ਸਜ਼ਾ ਦੇਣ ਬਹਾਨੇ ਕੇਂਦਰ ਵੱਲੋਂ ਇੱਕ ਹੋਰ ਕੋਸ਼ਿਸ਼ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੀ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਗਡਕਰੀ ਦੇ ਇਸ ਬਿਆਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਬੋਲੇ ਤੱਕ ਨਹੀਂ।ਉਨ੍ਹਾਂ ਕਿਹਾ ਕਿ ਪਹਿਲਾਂ ਹੀ ਗ਼ਲਤ ਸਮਝੌਤਿਆਂ ਤਹਿਤ ਕੇਂਦਰ ਵਿਚਲੀਆਂ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਦਰਿਆਵਾਂ ਵਿੱਚੋਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਪਾਣੀਆਂ ਦਾ ਹਿੱਸਾ ਦਿੱਤਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਰਥਵਿਵਸਥਾ ਤਿੰਨਾਂ ਦਰਿਆਵਾਂ ਦਾ ਪਾਣੀ ਮੋੜਨ ਦੇ ਕੇਂਦਰ ਦੇ ਕਦਮ ਨਾਲ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਕਦਮ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਹੋਵੇਗੀ ਕਿਉਂਕਿ ਪੰਜਾਬ ਕੋਲ ਸਿਰਫ ਪਾਣੀ ਦਾ ਹੀ ਕੁਦਰਤੀ ਸਰੋਤ ਹੈ। ਭਾਰਤ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਣ ਵਾਲਾ ਪਾਣੀ ਬੰਦ ਕਰਨ ਦੇ ਫੈਸਲੇ ਮਗਰੋਂ ਹੁਣ ਪੰਜਾਬ ਸਰਕਾਰ ਪਾਕਿਸਤਾਨ ਦਾ ਪਾਣੀ ਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਕਰ ਰਹੀ ਹੈ। ਪੰਜਾਬ ਸਰਕਾਰ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਵਿੱਚ ਰਾਵੀ ਦਰਿਆ ਦਾ ਜਾਇਜ਼ਾ ਲਿਆ।

Share this...
Share on Facebook
Facebook
error: Content is protected !!