ਹੁਣ ਪੰਜਾਬ ਵਿੱਚ ਇਸ ਤਰੀਕ ਨੂੰ ਲੱਗੇਗਾ ਝੋਨਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵੱਲ ਧਿਆਨ ਦਿੰਦਿਆਂ ਝੋਨੇ ਦੀ ਲਵਾਈ 20 ਜੂਨ ਦੀ ਥਾਂ ਹਫ਼ਤਾ ਪਹਿਲਾਂ 13 ਜੂਨ ਤੋਂ ਕਰਨ ਦੀ ਆਗਿਆ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਇਕ ਚੋਣ ਰੈਲੀ ਮੌਕੇ ਉਨ੍ਹਾਂ ਕਿਹਾ ਕਿ ਝੋਨੇ ਦੀ ਲਵਾਈ ਦੀ ਆਗਿਆ ਕਿਸਾਨਾਂ ਨੂੰ 13 ਜੂਨ ਤੋਂ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਕਣਕ ਦੀ ਫ਼ਸਲ ਨੂੰ ਬੇਮੌਸਮੇ ਮੀਂਹ ਅਤੇ ਮੁੱਖ ਲਾਈਨਾਂ ਤੋਂ ਬਿਜਲੀ ਸਪਾਰਕ ਹੋਣ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੀਂਹ ਕਾਰਨ ਫ਼ਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਰਾਹਤ ਫੰਡ ਵਿਚੋਂ ਅੱਗ ਜਾਂ ਹੋਰ ਕਾਰਨਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਉਹ ਹਰ ਪੀੜਤ ਕਿਸਾਨ ਨੂੰ ਮੁਆਵਜ਼ਾ ਦੇਣਗੇ। ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਸਰਕਾਰ ਉਨ੍ਹਾਂ ਸਾਰੇ ਪੰਜਾਬੀਆਂ ਦੀ ਯਾਦ ਵਿੱਚ ਇਕ ਯਾਦਗਾਰ ਬਣਾਏਗੀ ਜਿਨ੍ਹਾਂ ਆਜ਼ਾਦੀ ਦੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਵਾਰੀਆਂ। ਮੁੱਖ ਮੰਤਰੀ ਨੇ ਕਿਸਾਨੀ ਮੁੱਦਿਆਂ ਸਬੰਧੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ, ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੀਮਤ ਕਟੌਤੀ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਪਹਿਲਾਂ ਹੀ ਪੱਤਰ ਲਿਖਿਆ ਹੈ ਅਤੇ ਇਸ ਮੁੱਦੇ ਨੂੰ ਉਹ ਖੁਦ ਅੱਗੇ ਲਿਜਾਣਗੇ। ਸੂਬਾ ਸਰਕਾਰ ਨੂੰ ਕਰਜ਼ਾ ਰਾਹਤ ਸਕੀਮ ਵਿੱਚ ਕੋਈ ਵੀ ਸਹਾਇਤਾ ਨਾ ਦੇਣ ਲਈ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ 4 ਲੱਖ ਬੋਰੀਆਂ (16000 ਗੱਠਾਂ) ਹਰਿਆਣਾ ਵੱਲ ਤੋਰ ਕੇ ਪੰਜਾਬ ਲਈ ਸਮੱਸਿਆ ਖੜ੍ਹੀ ਕਰਨ ਲਈ ਪ੍ਰਧਾਨ ਮੰਤਰੀ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗਰੀਬ ਕਿਸਾਨਾਂ ਨੂੰ ਮੋਦੀ ਨੇ ਆਪਣੇ ਸਿਆਸੀ ਫ਼ਾਇਦਿਆਂ ਲਈ ਦੰਡ ਦਿੱਤਾ ਹੈ।

ਬਾਲਾਕੋਟ ਹਵਾਈ ਹਮਲੇ ਦਾ ਸਿਹਰਾ ਆਪਣੇ ਸਿਰ ਬੰਨ੍ਹਣ ਦੀ ਕੋਸ਼ਿਸ਼ ਕਰਨ ਲਈ ਮੋਦੀ ਦੀ ਤਿੱਖੀ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਸ ਸਬੰਧ ਵਿਚ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਫ਼ੌਜ ਦੇ ਬਹਾਦਰੀ ਭਰੇ ਕਾਰਨਾਮਿਆਂ ‘ਤੇ ਮੋਦੀ ਆਪਣੀ ਮੋਹਰ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਕਿਸੇ ਦੀ ਨਿੱਜੀ ਜਾਗੀਰ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਨੂੰ ਸੂਬੇ ਵਿੱਚ ਅਕਾਲੀਆਂ ਦੇ ਸ਼ਾਸਨ ਮੌਕੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਆੜੇ ਹੱਥੀਂ ਲਿਆ। ਮੁੱਖ ਮੰਤਰੀ ਨੇ ਪ੍ਰਣ ਕੀਤਾ ਕਿ ਉਹ ਅਜਿਹੇ ਸ਼ਰਮਨਾਕ ਕਾਰਿਆਂ ਦੇ ਦੋਸ਼ੀਆਂ ਨੂੰ ਨਹੀਂ ਬਖ਼ਸ਼ਣਗੇ। ਹਰ ਮੁਹਾਜ਼ ‘ਤੇ ਫੇਲ੍ਹ ਸਾਬਤ ਹੋਣ ‘ਤੇ ਅਕਾਲੀਆਂ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ 40,000 ਸਰਕਾਰੀ ਅਸਾਮੀਆਂ ‘ਤੇ ਭਰਤੀ ਕੀਤੀ ਜਦਕਿ ਪਿਛਲੀ ਸਰਕਾਰ ਇਨ੍ਹਾਂ ਨੂੰ ਭਰਨ ਵਿੱਚ ਨਾਕਾਮ ਰਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਿਛਲੇ 2 ਸਾਲਾਂ ਵਿੱਚ 8.25 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜੋ ਔਸਤਨ 1000 ਨੌਕਰੀ ਰੋਜ਼ਾਨਾ ਬਣਦੀ ਹੈ।

Share this...
Share on Facebook
Facebook
error: Content is protected !!